ਖਡੂਰ ਸਾਹਿਬ, 6 ਮਾਰਚ- ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਅਗਵਾਈ ਅਧੀਨ ਚੱਲ ਰਹੇ ਸ਼੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ ਖਡੂਰ ਸਾਹਿਬ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਮੇਂ-ਸਮੇਂ ‘ਤੇ ਐਕਸਟੈਂਸ਼ਨ ਲੈਕਚਰ ਕਰਵਾਏ ਜਾਂਦੇ ਹਨ। ਇਸ ਤਹਿਤ ਕਾਲਜ ਦੇ ਕਾਨਫਰੰਸ ਹਾਲ ਵਿਚ ‘ਸੰਚਾਰ ਹੁਨਰ’ ਵਿਸ਼ੇ ‘ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ, ਜਿਸ ਵਿਚ ਸ੍ਰੀ ਗੁਰੂ ਅੰਗਦ ਦੇਵ ਕਾਲਜ ਦੇ ਅੰਗਰੇਜ਼ੀ ਵਿਭਾਗ ਦੇ ਸੀਨੀਅਰ ਪ੍ਰੋਫੈਸਰ ਡਾ. ਕਮਲਜੀਤ ਸਿੰਘ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ।
ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਡਾ. ਕਮਲਜੀਤ ਸਿੰਘ ਨੇ ਕਿਹਾ ਕਿ ਅੱਜ ਦੇ ਤਕਨਾਲੋਜੀ ਦੇ ਯੁੱਗ ਵਿੱਚ ਸੰਚਾਰ ਦੇ ਹੁਨਰ ਦੀ ਬਹੁਤ ਮਹੱਤਤਾ ਹੈ ਅਤੇ ਅੱਜ ਇਸ ਉਲਝਣਾਂ ਭਰੇ ਦੌਰ ਵਿੱਚ ਜੀਵਨ ਦੀ ਸਫ਼ਲਤਾ ਗੱਲਬਾਤ ਕਰਨ ਦੇ ਚੰਗੇ ਢੰਗ-ਤਰੀਕੇ ‘ਤੇ ਨਿਰਭਰ ਕਰਦੀ ਹੈ। ਵਿਦਿਆਰਥੀਆਂ ਨੂੰ ਆਪਣੇ ਅੰਦਰ ਇਸ ਹੁਨਰ ਨੂੰ ਪੈਦਾ ਕਰਨ ਜਾਂ ਵਧੀਆ ਬਣਾਉਣ ਲਈ ਉਹਨਾਂ ਨੇ ਕਈ ਅਹਿਮ ਨੁਕਤੇ ਦੱਸੇ। ਇਸ ਤੋਂ ਇਲਾਵਾ ਉਹਨਾਂ ਨੇ ਸਹੀ ਸ਼ਬਦਾਵਲੀ ਦੀ ਚੋਣ ਅਤੇ ਵਿਆਕਰਣ ਦੀ ਢੁਕਵੀਂ ਵਰਤੋਂ ‘ਤੇ ਜ਼ੋਰ ਦਿੱਤਾ।
ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਸਿਮਰਪ੍ਰੀਤ ਕੌਰ ਨੇ ਆਏ ਹੋਏ ਮੁੱਖ ਵਕਤਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇੱਕ ਅਧਿਆਪਕ ਨੂੰ ਆਪਣੇ ਕਿੱਤੇ ਨਾਲ ਨਿਆਂ ਕਰਨ ਲਈ ਚੰਗੇ ਸੰਚਾਰ ਹੁਨਰ ਦਾ ਧਨੀ ਬਣਨਾ ਚਾਹੀਦਾ ਹੈ। ਅਧਿਆਪਕ ਸ਼ਬਦਾਂ ਦਾ ਹੁਨਰਮੰਦ ਤਰੀਕੇ ਨਾਲ ਇਸਤੇਮਾਲ ਕਰਕੇ ਵਿਦਿਆਰਥੀਆਂ ਦੀ ਵਿਸ਼ੇ ਵਿੱਚ ਰੁਚੀ ਪੈਦਾ ਕਰ ਸਕਦਾ ਹੈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।