22 ਅਪ੍ਰੈਲ ਕੌਮਾਂਤਰੀ ‘ਧਰਤੀ ਦਿਵਸ’ ਨੂੰ ਸਮਰਪਿਤ ਕੱਢਿਆ ਗਿਆ ਸਫਾਈ ਮੁਹਿੰਮ- ਚੇਤਨਾ ਮਾਰਚ
ਕਾਰ ਸੇਵਾ ਖਡੂਰ ਸਾਹਿਬ ਵੱਲੋਂ ਅੰਤਰਰਾਸ਼ਟਰੀ ਧਰਤੀ ਦਿਵਸ ਨੂੰ ਸਮਰਪਿਤ ਸਫਾਈ ਮੁਹਿੰਮ ਚੇਤਨਾ ਮਾਰਚ ਕੱਢਿਆ ਗਿਆ। ਜਿਸ ਵਿੱਚ ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ ਅਤੇ ਕਾਰ ਸੇਵਾ ਖਡੂਰ ਸਾਹਿਬ ਅਧੀਨ ਚੱਲ ਰਹੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਨੇ ਭਾਗ ਲਿਆ। ਇਹ ਚੇਤਨਾ ਮਾਰਚ ਸਵੇਰੇ 9:00 ਵਜੇ ਗੁਰਦੁਆਰਾ ਤਪਿਆਣਾ ਸਾਹਿਬ ਵਿਖੇ ਅਰਦਾਸ ਉਪਰੰਤ ਰਵਾਨਾ ਹੋਇਆ ਅਤੇ ਖਡੂਰ ਸਾਹਿਬ ਦੀਆਂ ਗਲੀਆਂ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਪਹੁਚਿਆ। ਵਿਦਿਆਰਥੀਆਂ ਵੱਲੋਂ ਧਰਤੀ ਦਿਵਸ ਨੂੰ ਸਮਰਪਿਤ ਤਖਤੀਆਂ ਉੱਪਰ ਸਲੋਗਨ ਬਣਾ ਕੇ ਮਾਰਚ ਵਿੱਚ ਹਿੱਸਾ ਲਿਆ ਗਿਆ ਅਤੇ ਤਹਿਸੀਲ ਖਡੂਰ ਸਾਹਿਬ, ਸਰਕਾਰੀ ਸਕੂਲ ਅਤੇ ਸਿਵਲ ਹਸਪਤਾਲ ਖਡੂਰ ਸਾਹਿਬ ਵਿਖੇ ਸਫਾਈ ਮੁਹਿੰਮ ਤਹਿਤ ਇਮਾਰਤਾਂ ਦੇ ਵਿੱਚ ਪਏ ਕੂੜਾ ਕਰਕਟ ਨੂੰ ਬੜੇ ਹੀ ਸੁਚੱਜੇ ਢੰਗ ਨਾਲ ਇਕੱਠਾ ਕਰਕੇ ਕੂੜੇਦਾਨ ਵਿੱਚ ਸੰਭਾਲਿਆ ਗਿਆ। ਵਾਪਸੀ ਉਪਰੰਤ ਵਿਦਿਆਰਥੀਆਂ ਵੱਲੋਂ ਧਰਤੀ ਦਿਵਸ ਨੂੰ ਸਮਰਪਿਤ ਇੱਕ ਨੁੱਕੜ ਨਾਟਕ ਪੇਸ਼ ਕੀਤਾ ਗਿਆ, ਜਿਸ ਵਿੱਚ ਰੁੱਖਾਂ ਦੀ ਮਹੱਤਤਾ, ਸਾਫ-ਸਫਾਈ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਆਲਮੀ ਤਪਸ਼ ਦੇ ਵਧਣ ਦੇ ਕਾਰਨਾਂ ਅਤੇ ਇਸ ਦੇ ਹੱਲਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਉਪਰੰਤ ਜਿਲ੍ਹਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਧਰਤੀ ਹੇਠਲਾਂ ਪਾਣੀ ਗੰਧਲਾ ਹੋਣ ਕਾਰਨ ਮਨੁੱਖੀ ਸਿਹਤ ਉੱਪਰ ਪੈ ਰਹੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਬਾਬਾ ਸੇਵਾ ਸਿੰਘ ਜੀ ਦੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਾਰ ਸੇਵਾ ਖਡੂਰ ਸਾਹਿਬ ਵੱਲੋਂ ਵਾਤਾਵਰਣ ਸੰਭਾਲ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਪ੍ਰਸੰਸਾ ਕੀਤੀ। ਬਾਬਾ ਸੇਵਾ ਸਿੰਘ ਜੀ ਵੱਲੋਂ ਆਏ ਹੋਏ ਮਹਿਮਾਨਾਂ ਅਤੇ ਪੰਤਵੰਤਿਆਂ ਦਾ ਧੰਨਵਾਦ ਕੀਤਾ ਗਿਆ ਅਤੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਇਸ ਸਾਰੇ ਪ੍ਰੋਗਰਾਮ ਦਾ ਸੰਚਾਲਨ ਕਾਰ ਸੇਵਾ ਖਡੂਰ ਸਾਹਿਬ ਵੱਲੋਂ ਨਗਰ ਦੀ ਪੰਚਾਇਤ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ, ਮੇਨ ਬਜ਼ਾਰ ਦੀ ਕਮੇਟੀ ਅਤੇ ਬੀਬੀਆਂ ਦੀਆਂ ਸਭਾਵਾਂ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਸਫਾਈ ਮੁਹਿਮ ਚੇਤਨਾ ਮਾਰਚ ਵਿੱਚ ਸ੍ਰੀ ਗੁਰੂ ਅੰਗਦ ਦੇਵ ਕਾਲਜ (ਡਿਗਰੀ), ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ ਐਜੂਕੇਸ਼ਨ, ਬਾਬਾ ਗੁਰਮੁਖ ਸਿੰਘ ਬਾਬਾ ਉੱਤਮ ਸਿੰਘ ਸੀਨੀ. ਸੈਕੰ. ਸਕੂਲ, ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ, ਸ੍ਰੀ ਗੁਰੂ ਅੰਗਦ ਦੇਵ ਇੰਸਟੀਚਿਊਟ ਆਫ ਰਿਲੀਜੀਅਸ ਸਟੱਡੀਜ਼, ਸ੍ਰੀ ਗੁਰੂ ਅੰਗਦ ਦੇਵ ਇੰਸਟੀਚਿਊਟ ਆਫ ਕਰੀਅਰ ਐਂਡ ਕੋਰਸਜ਼, ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ ਸਾਇੰਸ ਐਂਡ ਟ੍ਰੇਨਿਗ (ਨੀਟ/ਜੇਈਈ ਵਿੰਗ), ਨਿਸ਼ਾਨ-ਏ-ਸਿੱਖੀ ਸੈਂਟਰ ਫ਼ਾਰ ਸਿਵਿਲ ਸਰਵਿਸਿਜ਼ ਅਤੇ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ ਸਾਇੰਸ ਐਂਡ ਟ੍ਰੇਨਿਗ ਐਨ.ਡੀ.ਏ. ਵਿੰਗ ਦੇ ਵਿਦਿਆਰਥੀਆਂ ਅਤੇ ਸਟਾਫ ਨੇ ਹਿੱਸਾ ਲਿਆ।